Ninth Guru-Guru Tegh Bahadur Sahib Ji

ਗੁਰੂ ਤੇਗ਼ ਬਹਾਦਰ

ਸਿੱਖ ਕੌਮ ਇਕ ਸ਼ਹੀਦਾਂ ਦੀ ਕੌਮ ਹੈ ਅਤੇ ਸਿੱਖ ਇਤਿਹਾਸ ਇਕ ਗੌਰਵਮਈ ਇਤਿਹਾਸ ਹੈ। ਜੇ ਇਉਂ ਕਹਿ ਲਿਆ ਜਾਵੇ ਕਿ ਸ਼ਹੀਦੀਆਂ ਅਤੇ ਕੁਰਬਾਨੀਆਂ ਦਾ ਦੂਸਰਾ ਨਾਮ ਸਿੱਖੀ ਹੈ ਤਾਂ ਇਹ ਕੋਈ ਅਤਿਕਥਨੀ ਨਹੀਂ। ਜਦੋਂ-ਜਦੋਂ ਵੀ ਬਦੀ ਨੇ ਸਿਰ ਚੁੱ ਕਿਆ, ਜ਼ੁਲਮ ਨੇ ਅੰਗੜਾਈ ਲਈ, ਚੀਕਾਂ-ਕੂਕਾਂ ਅਤੇ ਫ਼ਰਿਆਦਾਂ ਨਾਲ ਅਸਮਾਨ ਚੀਰਿਆ ਗਿਆ ਤਾਂ ਬਦੀ ਦਾ ਸਿਰ ਕੁਚਲਣ ਲਈ, ਜ਼ੁਲਮ ਦਾ ਮਲੀਆਮੇਟ ਕਰਨ ਲਈ, ਜੇ ਕੋਈ ਨਿੱਤਰਿਆ ਤਾਂ ਸਿੱਖ ਹੀ ਸੀ। ਇਸ ਤੱਥ ਦੀ ਗਵਾਹੀ ਗੌਰਵਮਈ ਸਿੱਖ ਇਤਿਹਾਸ ਦੇ ਖ਼ੂਨੀ ਪੱਤਰੇ ਭਰਦੇ ਹਨ। ਤੱਤੀਆਂ ਤਵੀਆਂ ’ਤੇ ਬੈਠਣ ਲਈ, ਆਰਿਆਂ ਨਾਲ ਚੀਰੇ ਜਾਣ ਲਈ, ਖੋਪੜੀਆਂ ਲੁਹਾਉਣ ਲਈ, ਦੇਗਾਂ ਵਿਚ ਉਬਾਲੇ ਜਾਣ ਲਈ, ਨੇਜ਼ਿਆਂ ਉੱਤੇ ਟੰਗੇ ਜਾਣ ਲਈ ਜੇ ਕਿਸੇ ਨੇ ਹੀਆ ਕੀਤਾ ਤਾਂ ਉਹ ਸਿੱਖ ਹੀ ਸਨ।
ਧਰਮ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਕਦਮਾਂ ’ਤੇ ਚੱਲਦਿਆਂ ਸਿੱਖੀ ਦਾ ਜੈਕਾਰਾ ਬਣ ਕੇ ਆਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਨਾਮ ਲੋਕਾਈ ਵਿਚ ਸੂਰਜ ਵਾਂਗ ਚਮਕ ਰਿਹਾ ਹੈ, ਜਿਨ੍ਹਾਂ ਨੇ ਸਿਰਫ਼ ਸਿੱਖੀ ਲਈ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਕੁਰਬਾਨੀ ਦਿੱਤੀ।
ਤਾਜ ਦੇ ਭੁੱਖੇ ਔਰੰਗਜ਼ੇਬ ਨੇ ਆਪਣੇ ਹੀ ਖ਼ੂਨ ਉੱਪਰ ਅਤਿਆਚਾਰ ਕਰਦਿਆਂ ਢਿੱਲ ਨਹੀਂ ਕੀਤੀ। ਉਸ ਨੇ ਆਪਣੇ ਪਿਤਾ ਸ਼ਾਹਜਹਾਂ ਨੂੰ ਬੰਦੀ ਬਣਾ ਕੇ ਕਾਲ ਕੋਠੜੀ ਵਿਚ ਪਾ ਦਿੱਤਾ ਅਤੇ ਆਪਣੇ ਸਕੇ ਭਰਾਵਾਂ ਨੂੰ ਮਾਰ ਕੇ ਗੱਦੀ ਸਾਂਭੀ। ਉਪਰੰਤ ਸਮੇਂ ਦਾ ਬਾਦਸ਼ਾਹ ਅਖਵਾਉਣ ਲਈ, ਇਸਲਾਮ ਧਰਮ ਵਿਚ ਆਪਣੀ ਠੁੱਕ ਬਣਾਉਣ ਲਈ, ਕੱਟੜ ਮੁਸਲਮਾਨਾਂ ਨੂੰ ਖ਼ੁਸ਼ ਕਰਨ ਅਤੇ ਸਮੁੱਚੇ ਹਿੰਦੁਸਤਾਨ ਦੀ ਧਰਤੀ ਉੱਤੇ ਇਸਲਾਮ ਨੂੰ ਪ੍ਰਵਾਨ ਚੜ੍ਹਾਉਣ ਲਈ ਉਸ ਨੇ ਅਗਲਾ ਮੋਹਰਾ ਨਿਰਦੋਸ਼ ਹਿੰਦੂਆਂ ਨੂੰ ਬਣਾਇਆ। ਹਿੰਦੂਆਂ ਨੂੰ ਇਸਲਾਮ ਕਬੂਲਣ ਲਈ ਕਿਹਾ ਗਿਆ ਅਤੇ ਨਾ ਮੰਨਣ ਉੱਤੇ ਲੋਭ ਲਾਲਚ ਵੀ ਦਿੱਤੇ ਗਏ ਪਰ ਜਦੋਂ ਉਸ ਨੂੰ ਕੋਈ ਸਫਲਤਾ ਨਾ ਮਿਲੀ ਤਾਂ ਉਸ ਨੇ ਸੂਬੇਦਾਰਾਂ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਵੇ ਅਤੇ ਹਿੰਦੁਸਤਾਨ ਦੀ ਧਰਤੀ ਤੋਂ ਪੰਡਿਤਾਂ ਤੇ ਹਿੰਦੂਆਂ ਦਾ ਨਾਮੋ-ਨਿਸ਼ਾਨ ਮਿਟਾ ਕੇ ਇਸਲਾਮ ਦੇ ਝੰਡੇ ਗੱਡ ਦਿੱਤੇ ਜਾਣ।
ਨਤੀਜੇ ਵਜੋਂ ਹਿੰਦੂਆਂ ਦੇ ਮੇਲੇ ਅਤੇ ਤਿਉਹਾਰਾਂ ਉੱਪਰ ਸਖ਼ਤ ਪਾਬੰਦੀ ਲਾ ਦਿੱਤੀ ਗਈ। ਮੰਦਰਾਂ ਨੂੰ ਢਾਹ ਕੇ ਮਸੀਤਾਂ ਦੀ ਉਸਾਰੀ ਹੋਣ ਲੱਗੀ। ਬਨਾਰਸ ਸ਼ਹਿਰ ਦੇ ਅਤਿ ਵਿਸ਼ਾਲ ਅਤੇ ਪ੍ਰਸਿੱਧ ਵਿਸ਼ਵਾਨਾਥ ਦੇ ਮੰਦਰ ਅਤੇ ਸ੍ਰੀ ਕ੍ਰਿਸ਼ਨ ਜੀ ਦੀ ਜਨਮ-ਭੂਮੀ ਮਥੁਰਾ ਦੇ ਉੱਘੇ ਕੇਸ਼ਵ ਰਾਇ ਦੇ ਮੰਦਰ ਸਮੇਤ ਉਦੈਪੁਰ, ਉਜੈਨ ਅਤੇ ਜੋਧਪੁਰ ਆਦਿ ਥਾਵਾਂ ਦੇ ਮੰਦਰ ਢਾਹ ਦਿੱਤੇ ਗਏ। ਹਿੰਦੂਆਂ ਨੂੰ ਜਮਨਾ ਨਦੀ ਦੇ ਕਿਨਾਰੇ ਦਾਹ-ਸੰਸਕਾਰ ਕਰਨ ਤੋਂ ਰੋਕ ਦਿੱਤਾ ਗਿਆ। ਪਾਠਸ਼ਾਲਾਵਾਂ ਨੂੰ ਮਦਰੱਸਿਆਂ ਵਿਚ ਬਦਲ ਦਿੱਤਾ ਗਿਆ। ਹਿੰਦੂਆਂ ਪਾਸੋਂ ਜਜ਼ੀਆ ਧੱਕੇ ਨਾਲ ਵਸੂਲਿਆ ਜਾਣ ਲੱਗਾ। ਹਰ ਰੋਜ਼ ਸਵਾ-ਸਵਾ ਮਨ ਜਨੇਊ ਉਤਾਰੇ ਜਾਣ ਲੱਗੇ। ਹਰ ਪਾਸੇ ਜ਼ੁਲਮ ਦੀ ਹਾਹਾਕਾਰ ਮੱਚ ਗਈ। ਕਸ਼ਮੀਰ ਦੇ ਸੂਬੇਦਾਰ ਸ਼ਾਹ ਅਫ਼ਗਾਨ ਮਾਨੋ ਕਸ਼ਮੀਰੀ ਪੰਡਿਤਾਂ ਲਈ ਕਾਲ ਬਣ ਗਿਆ। ਔਰੰਗਜ਼ੇਬ ਦਾ ਫ਼ੁਰਮਾਨ ਸੀ ਕਿ ਮੁਸਲਮਾਨ ਬਣੋ ਜਾਂ ਮੌਤ ਕਬੂਲੋ।
ਪਰ ਸ਼ਾਇਦ ਔਰੰਗਜ਼ੇਬ ਇਹ ਨਹੀਂ ਜਾਣਦਾ ਸੀ ਕਿ ਉਸ ਦੇ ਮੱਕਾਰ ਮਨਸੂਬਿਆਂ ਨੂੰ ਠੱਲ੍ਹ ਪਾਉਣ ਲਈ ਨੌਵੇਂ ਪਾਤਸ਼ਾਹ ਆਪਣੇ ਪਰੰਪਰਕ ਰਸਤੇ ਉੱਪਰ ਕਦਮ ਰੱਖ ਚੁਕੇ ਸਨ। ਇਕ ਅਜਿਹਾ ਕਦਮ ਜੋ ਨਾ ਕੇਵਲ ਜ਼ੁਲਮ ਦੇ ਭਾਂਬੜ ਠੱਲ੍ਹਣ ਲਈ ਸੀ, ਜੋ ਨਾ ਕੇਵਲ ਹਿੰਦੂਆਂ ਜਾਂ ਸਿੱਖਾਂ ਲਈ ਸੀ, ਇਹ ਕਦਮ ਤੋਂ ਵਿਸ਼ਵ- ਇਤਿਹਾਸ ਵਿਚ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਇਕ ਅਸਲੋਂ ਵਿਲੱਖਣ ਪੈੜ ਸੀ।
ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਜਦੋਂ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। ਕਸ਼ਮੀਰੀ ਪੰਡਿਤਾਂ ਦਾ ਇਕ ਜਥਾ ਆਪਣੀ ਫ਼ਰਿਆਦ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਸ ਆਇਆ। ਕਸ਼ਮੀਰੀ ਪੰਡਿਤ ਕਿਰਪਾ ਰਾਮ ਤੋਂ ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।
ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।
ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ।
ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਵਿਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।
ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿਚ ਲਿਖਿਆ ਹੈ:
ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥
(ਦਸਮ ਗ੍ਰੰਥ)
ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ ਗਿਆ।
ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਿੱਲੀ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਤੁਰੰਤ ਬਾਅਦ ਅਜਿਹੀ ਹਨੇਰੀ ਝੁੱਲੀ ਕਿ ਸਭ ਆਪੋ ਆਪਣੇ ਬਚਾਅ ਲਈ ਭੱਜ ਉੱਠੇ। ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧੜ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ ਅਤੇ ਆਪ ਜੀ ਦੀਆਂ ਅਸਥੀਆਂ ਨੂੰ ਗਾਗਰ ਵਿਚ ਪਾ ਕੇ ਉਥੇ ਹੀ ਦੱਬ ਦਿੱਤਾ।
‘ਬਚਿਤਰ ਨਾਟਕ’ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਫ਼ੁਰਮਾਉਂਦੇ ਹਨ:
ਠੀਕਰ ਫੋਰਿ ਦਿਲੀਸ ਸਿਰਿ, ਪ੍ਰਭ ਪੁਰਿ ਕਿਯਾ ਪਯਾਨ॥
ਤੇਗ ਬਹਾਦੁਰ ਸ੍ਰੀ ਕ੍ਰਿਆ, ਕਰੀ ਨ ਕਿਨਹੂੰ ਆਨਿ॥
ਤੇਗ ਬਹਾਦੁਰ ਕੇ ਚਲਤ, ਭਯੋ ਜਗਤ ਕੋ ਸੋਕ॥
ਹੈ ਹੈ ਹੈ ਸਭ ਜਗ ਭਯੋ, ਜੈ ਜੈ ਜੈ ਸੁਰ ਲੋਕਿ॥ (ਦਸਮ ਗ੍ਰੰਥ)
ਵਿਸ਼ਵ-ਇਤਿਹਾਸ ਵਿਚ ਗੁਰੂ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਵਿਲੱਖਣਤਾ ਇਸ ਗੱਲ ਵਿਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ। ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ।
ਗੁਰੂ ਜੀ ਦੀ ਸ਼ਹਾਦਤ ਨੇ ਉਸ ਸਮੇਂ ਦੇ ਮਜ਼ਲੂਮਾਂ, ਨਿਤਾਣਿਆਂ, ਨਿਓਟਿਆਂ ਅਤੇ ਨਿਮਾਣਿਆਂ ਦੇ ਹਿਰਦੇ ਵਿਚ ਇਕ ਨਵੀਂ ਰੂਹ ਫੂਕੀ। ਆਪ ਜੀ ਦੀ ਕੁਰਬਾਨੀ ਨਾ ਸਿਰਫ਼ ਸਮਕਾਲੀਨ ਸਮਾਜ ਲਈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ-ਸਰੋਤ ਬਣੀ।
ਅੱਜ 21ਵੀਂ ਸਦੀ ਦੇ ਸੰਦਰਭ ਵਿਚ ਇਸ ਸ਼ਹਾਦਤ ਦੀ ਮਹੱਤਤਾ ਹੋਰ ਵੀ ਦ੍ਰਿੜ੍ਹ ਹੋ ਜਾਂਦੀ ਹੈ ਕਿਉਂਕਿ ਅੱਜ ਫਿਰ ਸਾਡਾ ਸਮਾਜ ਭਾਸ਼ਾ ਦੇ ਨਾਂ ’ਤੇ, ਧਰਮ ਦੇ ਨਾਂ ’ਤੇ ਅਣਗਿਣਤ ਹਿੱਸਿਆਂ ਵਿਚ ਵੰਡਿਆ ਹੋਇਆ ਹੈ। ਗੁਰੂ ਜੀ ਦੀ ਲਾਸਾਨੀ ਸ਼ਹਾਦਤ ਦੀ ਰੋਸ਼ਨੀ ਹੀ ਇਨ੍ਹਾਂ ਕੱਟੜਤਾ ਦੇ ਨਸ਼ੇ ਵਿਚ ਅੰਨ੍ਹੇ ਹੋਏ ਹਿੰਸਾਵਾਦੀਆਂ ਨੂੰ ਚਾਨਣ ਦੀ ਕਿਰਨ ਪ੍ਰਦਾਨ ਕਰ ਸਕਦੀ ਹੈ। ਅੱਜ ਦੇ ਦਿਨ ਉਸ ਮਹਾਨ ਸ਼ਹੀਦ ਨੂੰ ਸਾਡੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਮਨੁੱਖ ਦੇ ਬਣਾਏ ਧਰਮ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ।

ਸਿੱਖਿਆਵਾਂ

ਆਪ ਜੀ ਦੇ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਕੁੱਲ 59 ਸ਼ਬਦ ਅਤੇ 57 ਸਲੋਕ ਹਨ । ਆਪ ਜੀ ਨੇ ਜੈਜਾਵੰਤ ਰਾਗ ਵਿੱਚ ਆਪਣੀ ਬਾਣੀ ਉਚਾਰੀ। ਆਪ ਜੀ ਨੇ ਮਨੁੱਖਤਾ ਨੂੰ ਸਰਬਸਾਂਝਾ ਉਪਦੇਸ਼ ਦਿੱਤਾ ਅਤੇ ਗੁਰੂ ਨਾਨਕ ਸਾਹਿਬ ਦਾ ਸਿਧਾਂਤ ਹੋਰ ਮਜਬੂਤੀ ਨਾਲ ਦ੍ਰਿੜ ਕਰਵਾਇਆ ਕਿ ਇਹ ਰਚਨਾ ਪ੍ਰਮਾਤਮਾ ਦੀ ਬਣਾਈ ਹੋਈ ਹੈ ਅਤੇ ਅਕਾਲ ਪੁਰਖ ਆ ਪਇਸ ਕਾਇਨਾਤ ਵਿੱਚ ਵੱਸ ਰਿਹਾ ਹੈ :

ਕਾਹੇ ਰੇ ਬਨ ਖੋਜਨ ਜਾਹੀ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗ ਸਮਾਈ ॥
(ਧਨਾਸਾਰੀ ਮਹਲਾ 9, ਪੰਨਾ 684)

ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥
(ਰਾਗ ਬਸੰਤ ਹਿੰਡੋਲ ਮਹਲਾ 9, ਪੰਨਾ 1186)

ਮਨੁੱਖਾ ਜੀਨਣ ਨਾ ਮਨੋਰਥ ਸਮਝਾਉਂਦਿਆਂ ਮਨੁੱਖ ਨੂੰ ਦੱਸਿਆ ਕਿ,
ਸਾਧੋ ਗੋਬਿੰਦ ਕੇ ਗੁਨ ਗਾਵਉ ॥

ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥
(ਗਉੜੀ ਮਹਲਾ 9, ਪੰਨਾ 219)

ਗੁਨ ਗੋਬਿੰਦ ਗਾਇਓ ਨਹੀਂ ਜਨਮੁ ਅਕਾਰਥ ਕੀਨੁ ॥
(ਸਲੋਕ ਮਹਲਾ 9, ਸਲੋਕ 1, ਪੰਨਾ 1426)

ਇਸ ਜਗਤ ਦੀ ੳਨਸਥਿਰਤਾ ਬਾਰੇ ਆਪ ਜੀ ਨੇ ਪਾਵਣੁ ਗੁਰਬਾਣੀ ਅੰਦਰ ਫੁਰਮਾਣ ਕੀਤਾ
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥

ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥ (ਸਲੋਕ 49, ਪੰਨਾ 1429)

ਆਪ ਜੀ ਨੇ ਪਾਵਣ ਬਾਣੀ ਵਿੱਚ ਦੱਸਿਆ ਕਿ ਮਨੁੱਖ ਸੁੱਖਾਂ ਦੀ ਪ੍ਰਾਪਤੀ ਅਤੇ ਲਾਲਸਾ ਵਿੱਚ ਹੋਰ ਵੀ ਜਿਆਦਾ ਦੁਖ ਭੋਗਦਾ ਹੈ, ਸਮਸਾਰ ਵਿੱਚ ਉਹੀ ਹੁੰਦਾ ਹੈ ਜੋ ਵਾਹਿਗੁਰੂ ਨੂੰ ਚੰਗਾ ਲੱਗਦਾ ਹੈ :

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥ (ਸਲੋਕ 39, ਪੰਨਾ 1428)

ਆਪ ਜੀ ਨੇ ਫੁਰਮਾਇਆ ਕੇ ਮਨੁੱਖ ਦਿਨ ਰਾਤ ਮਾਇਆ ਪਿੱਛੇ ਭੱਜਿਆ ਫਿਰਦਾ ਹੈ, ਪਰ ਫਿਰ ਵੀ ਇਸਦੇ ਮਨ ਦੀ ਮੈਲ ਦੂਰ ਨਹੀਂ ਹੁੰਦੀ:

ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ (ਟੋਡੀ ਮਹਲਾ 9, ਪੰਨਾ 718)

ਬੇਸ਼ੱਕ ਅੱਜ ਕੱਲ ਦੇ ਅਖੌਤੀ ਬਾਬੇ ਆਪਣੇ ਨਾਲ ਗੰਨਮੈਨ, ਆਕਸੀਜਨਾਂ, ਜੈੱਡ ਸੁਰੱਖਿਆਂ ਨਾਲ ਨਾਲ ਲਈ ਫਿਰਦੇ ਹਨ ਅਤੇ ਦੂਜੇ ਪਾਸੇ ਆਪਣੇ ਰੱਬ ਹੋਣ ਦਾ ਦਾਅਵਾ ਵੀ ਕਰਦੇ ਹਨ ਪਰ ਸਗਿਤੁਰੂ ਤੇਗ ਬਹਾਦਰ ਸਾਹਿਬ ਜੀ ਨੇ ਸਪੱਸਟ ਕਰ ਦਿੱਤਾ ਕਿ ਮਾਇਆ ਵਿੱਚ ਖੱਚਤ ਜੀਵ ਨੂੰ ਹੀ ਮੌਤ ਦਾ ਡਰ ਹੁੰਦਾ ਹੈ ਤੇ ਇਸ ਡਰ ਤੋਂ ਛੁਟਕਾਰਾ ਸਿਰਫ ਅਕਾਲਪੁਰਖ ਨਾਲ ਪਿਆਰ ਪਾਉਣ ਉਪਰੰਤ ਹੀ ਮਿਲ ਸਕਦਾ ਹੈ ਅਤੇ ਜੋ ਨਾਮ ਸਿਮਰਨ ਨਹੀਂ ਕਰਦੇ ਉਹੀ ਜਨਮ ਮਰਨ ਦੇ ਗੇੜ ਵਿੱਚ ਫਸੇ ਰਹਿੰਦੇ ਹਨ :

ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥ (ਸਲੋਕ 31, ਪੰਨਾ 1428)

ਅਖੌਤੀ ਤੀਰਥਾਂ ਬਾਰੇ ਸਪੱਸ਼ਟ ਕਰਦਿਆਂ ਆਪ ਜੀ ਨੇ ਫੁਰਮਾਇਆ:

ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀਂ ਆਵੈ ॥
ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥ (ਬਿਲਾਵਲੁ ਮਹਲਾ 9, ਪੰਨਾ 830)

ਇਸ ਤਰ੍ਹਾਂ ਸਾਨੂੰ ਸਤਿਗੁਰੂ ਜੀ ਦੀ ਪਾਵਣ ਬਾਣੀ ਤੋਂ ਹਰ ਤਰ੍ਹਾਂ ਦੀ ਜੀਵਣ ਸਬੰਧੀ ਸੇਧ ਮਿਲਦੀ ਹੈ ਜੋ ਉਹਨਾਂ ਦੀ ਬਾਣੀ ਨੂੰ ਸਹਿਜ ਨਾਲ ਪੜ੍ਹਿਆਂ ਹੀ ਪਤਾ ਲੱਗ ਸਕਦਾ ਹੈ ।ਸੋ ਆਉ ! ਉਹਨਾਂ ਦਾ ਪ੍ਰਕਾਸ ਦਿਹਾੜਾ ਮਨਾਉਂਦਿਆਂ ਹੋਇਆਂ ਲੋੜ ਹੈ ਕਿ ਉਹਨਾਂ ਦੀਆਂ ਸਿੱਖਿਆਂਵਾਂ ਨੂੰ ਆਪਣੇ ਜੀਵਣ ਵਿੱਚ ਢਾਲੀਏ ਅਤੇ ਗੁਰ ਉਪਦੇਸ਼ਾਂ ਮੁਤਬਿਕ ਜੀਵਣ ਜੀਉਣ ਦਾ ਵੱਲ ਸਿੱਖੀਏ ।